ਮੋਹਾਲੀ: ਮੋਹਾਲੀ ਦੀ ਜ਼ਿਲ੍ਹਾ ਅਦਾਲਤ ਕੰਪਲੈਕਸ ਵਿੱਚ ਵੀਰਵਾਰ ਨੂੰ ਉਸ ਸਮੇਂ ਹੜਕੰਪ ਮਚ ਗਿਆ, ਜਦੋਂ ਅਦਾਲਤ ਕੰਪਲੈਕਸ ਵਿੱਚ ਬੰਬ ਹੋਣ ਦੀ ਅਫ਼ਵਾਹ ਮਿਲੀ। ਮਾਮਲੇ ਦੀ ਜਾਣਕਾਰੀ ਮਿਲਦਿਆਂ ਹੀ ਸੁਰੱਖਿਆ ਏਜੰਸੀਆਂ ਤੁਰੰਤ ਹਰਕਤ ਵਿੱਚ ਆ ਗਈਆਂ ਅਤੇ ਸਾਵਧਾਨੀ ਵਜੋਂ ਅਦਾਲਤ ਇਮਾਰਤ ਨੂੰ ਖਾਲੀ ਕਰਵਾ ਲਿਆ ਗਿਆ। ਕੁਝ ਆਹਲਾ-ਮਿਆਰੀ ਸੂਤਰ ਇਹ ਵੀ ਦੱਸਦੇ ਹਨ ਕਿ ਮੋਗਾ ਅਦਾਲਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਤੋਂ ਬਾਅਦ ਮੋਹਾਲੀ ਵਿੱਚ ਸੁਰੱਖਿਆ ਪ੍ਰਬੰਧ ਤੇਜ਼ ਕਰਕੇ ਤਲਾਸ਼ੀ ਮੁਹਿੰਮ ਚਲਾਇਆ ਗਿਆ ਹੈ ਪਰ ਇਸ ਬਾਰੇ ਹਾਲੇ ਤੱਕ ਅਧਿਕਾਰਤ ਤੌਰ ਤੇ ਪੁਸ਼ਟੀ ਨਹੀਂ ਹੋਈ । ਜਦੋਂ ਪੜਤਾਲ ਪ੍ਰਬੰਧ ਮੁਕੰਮਲ ਕਰ ਲਏ ਗਏ ਇਸ ਤੋਂ ਬਾਅਦ ਪੁਲਿਸ ਨੇ ਇਸ ਮਾਮਲੇ ਦੀ ਅਧਿਕਾਰਤ ਤੌਰ ਤੇ ਪੁਸ਼ਟੀ ਕੀਤੀ।ਮੋਹਾਲੀ ਅਦਾਲਤ ਕੰਪਲੈਕਸ ਦੇ ਅੰਦਰ ਗਏ ਲੋਕ ਕਾਫੀ ਸਹਿਮ ਦੇ ਮਾਹੌਲ ਵਿੱਚ ਸਨ ਅਤੇ ਇਹ ਪੁੱਛ ਰਹੇ ਹਨ ਕਿ ਉਨ੍ਹਾਂ ਨੂੰ ਬਾਹਰ ਕਿਉਂ ਭੇਜਿਆ ਜਾ ਰਿਹਾ ਹੈ। ਉਧਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐਸਪੀ ਦਿਲਪ੍ਰੀਤ ਸਿੰਘ ਨੇ ਕਿਹਾ ਕਿ ਉਹਨਾਂ ਨੂੰ ਈ. ਮੇਲ ਰਾਹੀਂ ਇਨਪੁੱਟ ਮਿਲੀ ਸੀ। ਜਿਸ ਤੋਂ ਬਾਅਦ ਉਹਨਾਂ ਨੇ ਬੰਬ ਨਿਰੋਧਕ ਦਸਤੇ, ਐਨਡੀਆਰਐਫ ਟੀਮਾਂ ਮੌਕੇ ਤੇ ਤੈਨਾਤ ਕਰ ਦਿੱਤੀਆਂ ਇਸੇ ਕਰਕੇ ਹੀ ਸਾਰੀ ਪਬਲਿਕ ਨੂੰ ਬਾਹਰ ਕੱਢਿਆ ਗਿਆ ਸੀ ਉਹਨਾਂ ਕਿਹਾ ਕਿ ਹਾਲ ਦੀ ਘੜੀ ਅਦਾਲਤ ਵਿੱਚੋਂ ਕੋਈ ਵੀ ਅਜਿਹੀ ਚੀਜ਼ ਦੀ ਪੁਸ਼ਟੀ ਨਹੀਂ ਹੋਈ ਹੈ ਉਹਨਾਂ ਕਿਹਾ ਕਿ ਪੁਲਿਸ ਪੂਰੀ ਤਰ੍ਹਾਂ ਸੁਰੱਖਿਆ ਨੂੰ ਲੈ ਕੇ ਮੁਸਤੈਦ ਰਹੇਗੀ।
ਦੱਸਣਾ ਬਣਦਾ ਹੈ ਕਿ ਇਸ ਤੋਂ ਪਹਿਲਾਂ ਪੁਲਿਸ, ਬੰਬ ਨਿਰੋਧਕ ਦਸਤੇ ਅਤੇ ਸੁਰੱਖਿਆ ਅਧਿਕਾਰੀਆਂ ਨੇ ਅਦਾਲਤੀ ਕੰਪਲੈਕਸ ਨੂੰ ਆਪਣੇ ਘੇਰੇ ਵਿੱਚ ਲਿਆ ਹੋਇਆ ਸੀ । ਪੂਰੀ ਮੁਸਤੈਦੀ ਨਾਲ਼ ਅਦਾਲਤ ਵਿੱਚ ਮੌਜੂਦ ਵਕੀਲਾਂ, ਮੁਕੱਦਮੇਬਾਜ਼ਾਂ, ਕਰਮਚਾਰੀਆਂ ਅਤੇ ਆਮ ਲੋਕਾਂ ਨੂੰ ਤੁਰੰਤ ਬਾਹਰ ਕੱਢਿਆ ਗਿਆ ਤਾਂ ਜੋ ਕਿਸੇ ਵੀ ਤਰ੍ਹਾਂ ਦੇ ਜਾਨੀ ਨੁਕਸਾਨ ਤੋਂ ਬਚਿਆ ਜਾ ਸਕੇ।