ਨਵੀਂ ਦਿੱਲੀ:
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (DSGMC) ਨੇ ਆਮ ਆਦਮੀ ਪਾਰਟੀ ਦੀ ਸੀਨੀਅਰ ਨੇਤਾ ਅਤੇ ਦਿੱਲੀ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੀ ਨੇਤਾ ਅਤੇ ਦਿੱਲੀ ਦੀ ਸਾਬਕਾ ਮੁੱਖ ਮੰਤਰੀ "ਆਤਿਸ਼ੀ" ਵਿਰੁੱਧ ਦਿੱਲੀ ਪੁਲਿਸ ਕਮਿਸ਼ਨਰ ਦਫ਼ਤਰ ਅਤੇ ਪਾਰਲੀਮੈਂਟ ਸਟਰੀਟ ਪੁਲਿਸ ਸਟੇਸ਼ਨ ਵਿਚ ਅਪਰਾਧਿਕ ਸ਼ਿਕਾਇਤ ਦਰਜ ਕਰਵਾਈ ਹੈ। ਕਮੇਟੀ ਨੇ ਮੰਗ ਕੀਤੀ ਹੈ ਕਿ ਆਤਿਸ਼ੀ ਖ਼ਿਲਾਫ਼ ਐਫਆਈਆਰ ਦਰਜ ਕਰਕੇ ਕਾਨੂੰਨੀ ਕਾਰਵਾਈ ਸ਼ੁਰੂ ਕੀਤੀ ਜਾਵੇ।
DSGMC ਵੱਲੋਂ ਦਿੱਤੀ ਗਈ ਸ਼ਿਕਾਇਤ ਵਿੱਚ ਦੋਸ਼ ਲਗਾਇਆ ਗਿਆ ਹੈ ਕਿ ਦਿੱਲੀ ਵਿਧਾਨ ਸਭਾ ਵਿੱਚ ਦਿੱਤੀਆਂ ਗਈਆਂ ਆਤਿਸ਼ੀ ਦੀਆਂ ਕਥਿਤ ਟਿੱਪਣੀਆਂ ਨਾਲ ਸਿੱਖ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਡੂੰਘੀ ਠੇਸ ਪਹੁੰਚੀ ਹੈ। ਕਮੇਟੀ ਦਾ ਕਹਿਣਾ ਹੈ ਕਿ ਇੱਕ ਜ਼ਿੰਮੇਵਾਰ ਜਨਤਕ ਪ੍ਰਤੀਨਿਧੀ ਵੱਲੋਂ ਅਜਿਹੀ ਭਾਸ਼ਾ ਦੀ ਵਰਤੋਂ ਨਿੰਦਣਯੋਗ ਹੈ ਅਤੇ ਇਸ ਨਾਲ ਸਮਾਜਿਕ ਸਦਭਾਵਨਾ ਭੰਗ ਹੋ ਸਕਦੀ ਹੈ।
ਕਮੇਟੀ ਮੁਤਾਬਕ, ਇਹ ਵਿਵਾਦ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਪੁਰਬ ਮੌਕੇ ਦਿੱਲੀ ਵਿਧਾਨ ਸਭਾ ਵਿੱਚ ਹੋਈ ਇੱਕ ਵਿਸ਼ੇਸ਼ ਚਰਚਾ ਨਾਲ ਜੁੜਿਆ ਹੈ। ਦੋਸ਼ ਹੈ ਕਿ ਇਸ ਚਰਚਾ ਦੌਰਾਨ ਆਤਿਸ਼ੀ ਨੇ ਸਿੱਖ ਗੁਰੂ ਸਾਹਿਬਾਨ ਪ੍ਰਤੀ ਅਪਮਾਨਜਨਕ ਭਾਸ਼ਾ ਦੀ ਵਰਤੋਂ ਕੀਤੀ ਅਤੇ ਨੌਵੇਂ ਸਿੱਖ ਗੁਰੂ ਦੇ ਅਦੁੱਤੀ ਬਲਿਦਾਨ ਅਤੇ ਯੋਗਦਾਨ ਬਾਰੇ ਕੋਈ ਸਕਾਰਾਤਮਕ ਟਿੱਪਣੀ ਨਹੀਂ ਕੀਤੀ।
DSGMC ਨੇ ਆਪਣੀ ਸ਼ਿਕਾਇਤ ਵਿੱਚ ਕਿਹਾ ਹੈ ਕਿ ਅਜਿਹੇ ਬਿਆਨ ਸੰਵਿਧਾਨ ਵੱਲੋਂ ਸੁਰੱਖਿਅਤ ਧਾਰਮਿਕ ਮਰਿਆਦਾ ਅਤੇ ਆਸਥਾ ਦੇ ਅਧਿਕਾਰਾਂ ਦੀ ਉਲੰਘਣਾ ਕਰਦੇ ਹਨ। ਕਮੇਟੀ ਨੇ ਦਿੱਲੀ ਪੁਲਿਸ ਤੋਂ ਮੰਗ ਕੀਤੀ ਹੈ ਕਿ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਤੁਰੰਤ ਐਫਆਈਆਰ ਦਰਜ ਕਰਕੇ ਨਿਰਪੱਖ ਜਾਂਚ ਕੀਤੀ ਜਾਵੇ ਅਤੇ ਦੋਸ਼ ਸਾਬਤ ਹੋਣ ਦੀ ਸਥਿਤੀ ਵਿੱਚ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ।
ਇਸ ਮਾਮਲੇ ਨੂੰ ਲੈ ਕੇ ਸਿੱਖ ਸੰਗਠਨਾਂ ਅਤੇ ਧਾਰਮਿਕ ਸੰਸਥਾਵਾਂ ਵਿੱਚ ਭਾਰੀ ਰੋਸ ਵੇਖਣ ਨੂੰ ਮਿਲ ਰਿਹਾ ਹੈ। ਹਾਲਾਂਕਿ, ਇਸ ਵਿਵਾਦ ’ਤੇ ਆਮ ਆਦਮੀ ਪਾਰਟੀ ਜਾਂ ਆਤਿਸ਼ੀ ਵੱਲੋਂ ਹਾਲੇ ਤੱਕ ਕੋਈ ਅਧਿਕਾਰਤ ਪ੍ਰਤੀਕਿਰਿਆ ਸਾਹਮਣੇ ਨਹੀਂ ਆਈ ਹੈ।