ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਆਗੂ MP ਅਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਆਮ ਆਦਮੀ ਪਾਰਟੀ ਅਤੇ ਪੰਜਾਬ ਸਰਕਾਰ ’ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ 328 ਕਾਪੀਆਂ ਦੀ ਜਾਂਚ ਦੇ ਨਾਂਅ ’ਤੇ ਬਣਾਈ ਗਈ ਵਿਸ਼ੇਸ਼ ਜਾਂਚ ਟੀਮ (SIT) ਇੱਕ ਨਿਰਪੱਖ ਜਾਂਚ ਨਹੀਂ, ਸਗੋਂ ਇੱਕ ਸੋਚੀ-ਸਮਝੀ ਰਾਜਨੀਤਿਕ ਸਾਜ਼ਿਸ਼ ਹੈ।
ਸੋਸ਼ਲ ਮੀਡੀਆ ’ਤੇ ਇਕ ਪੋਸਟ ਵਿਚ ਹਰਸਿਮਰਤ ਕੌਰ ਬਾਦਲ ਨੇ ਦੋਸ਼ ਲਗਾਇਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸ਼੍ਰੋਮਣੀ ਅਕਾਲੀ ਦਲ ਦੀ ਵਧਦੀ ਰਾਜਨੀਤਿਕ ਸਰਗਰਮੀ ਤੋਂ ਘਬਰਾਈ ਹੋਈ ਹੈ। ਇਸੇ ਕਰਕੇ, ਧਾਰਮਿਕ ਤੌਰ ’ਤੇ ਬਹੁਤ ਸੰਵੇਦਨਸ਼ੀਲ ਮਸਲੇ ਨੂੰ ਸਿਆਸੀ ਬਦਲਾਖੋਰੀ ਲਈ ਵਰਤਿਆ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਇਸ SIT ਦਾ ਅਸਲ ਮਕਸਦ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਝੂਠੇ ਕੇਸਾਂ ਵਿੱਚ ਫਸਾ ਕੇ ਅਕਾਲੀ ਦਲ ਨੂੰ ਕਮਜ਼ੋਰ ਕਰਨਾ ਹੈ। ਹਰਸਿਮਰਤ ਕੌਰ ਬਾਦਲ ਮੁਤਾਬਕ, ਜਾਂਚ ਟੀਮ ਵਿੱਚ ਉਹ ਅਧਿਕਾਰੀ ਸ਼ਾਮਲ ਕੀਤੇ ਗਏ ਹਨ ਜੋ ‘ਆਪ’ ਦੇ ਇਸ਼ਾਰੇ ’ਤੇ ਕੰਮ ਕਰਦੇ ਹਨ ਅਤੇ ਜਿਨ੍ਹਾਂ ਨੂੰ ਅਕਾਲੀ ਆਗੂਆਂ ਵਿਰੁੱਧ ਨਿੱਜੀ ਰੰਜਿਸ਼ ਹੈ।
ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨਾਲ ਜੁੜਿਆ ਕੋਈ ਵੀ ਮਸਲਾ ਸਿਆਸੀ ਲਾਭ ਜਾਂ ਦਬਾਅ ਦੀ ਰਾਜਨੀਤੀ ਲਈ ਵਰਤਣਾ ਸਿੱਖ ਭਾਈਚਾਰੇ ਦੇ ਵਿਸ਼ਵਾਸ ਨਾਲ ਖਿਲਵਾਰ ਹੈ। ਉਨ੍ਹਾਂ ਮੰਗ ਕੀਤੀ ਕਿ ਇਸ ਮਾਮਲੇ ਦੀ ਜਾਂਚ ਕਿਸੇ ਨਿਰਪੱਖ, ਪਾਰਦਰਸ਼ੀ ਅਤੇ ਰਾਜਨੀਤਿਕ ਤੌਰ ’ਤੇ ਸੁਤੰਤਰ ਏਜੰਸੀ ਤੋਂ ਕਰਵਾਈ ਜਾਵੇ, ਤਾਂ ਜੋ ਸੱਚਾਈ ਸਾਹਮਣੇ ਆਵੇ ਅਤੇ ਕਿਸੇ ਨਿਰਦੋਸ਼ ਨੂੰ ਨਿਸ਼ਾਨਾ ਨਾ ਬਣਾਇਆ ਜਾਵੇ।
ਹਰਸਿਮਰਤ ਕੌਰ ਬਾਦਲ ਦੇ ਇਸ ਬਿਆਨ ਨਾਲ ਪੰਜਾਬ ਦੀ ਸਿਆਸਤ ਵਿੱਚ ਇੱਕ ਵਾਰ ਫਿਰ ਤਿੱਖੀ ਬਿਆਨਬਾਜ਼ੀ ਸ਼ੁਰੂ ਹੋ ਗਈ ਹੈ, ਜਦਕਿ ਆਮ ਆਦਮੀ ਪਾਰਟੀ ਵੱਲੋਂ ਅਧਿਕਾਰਤ ਜਵਾਬ ਦੀ ਉਡੀਕ ਕੀਤੀ ਜਾ ਰਹੀ ਹੈ।