ਮੋਹਾਲੀ, 30 ਜਨਵਰੀ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁੱਕਰਵਾਰ ਨੂੰ ਮੋਹਾਲੀ ਦੇ ਵਿਕਾਸ ਭਵਨ ਵਿੱਚ ਆਯੋਜਿਤ ਸਮਾਗਮ ਦੌਰਾਨ ‘ਮਿਸ਼ਨ ਰੋਜ਼ਗਾਰ’ ਤਹਿਤ ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ ਚੁਣੇ ਗਏ 916 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਸ ਮੌਕੇ ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਹੁਣ ਤੱਕ 63,943 ਨੌਜਵਾਨਾਂ ਨੂੰ ਬਿਨਾਂ ਕਿਸੇ ਰਿਸ਼ਵਤ ਜਾਂ ਸਿਫ਼ਾਰਸ਼ ਦੇ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਦੌਰ ਵਿੱਚ ਨੌਕਰੀਆਂ ਭ੍ਰਿਸ਼ਟਾਚਾਰ ਅਤੇ ਸਿਫ਼ਾਰਸ਼ਾਂ ਦੀ ਭੇਟ ਚੜ੍ਹ ਜਾਂਦੀਆਂ ਸਨ, ਜਿਸ ਕਾਰਨ ਯੋਗ ਨੌਜਵਾਨ ਪਿੱਛੇ ਰਹਿ ਜਾਂਦੇ ਸਨ। ਉਨ੍ਹਾਂ ਦਾਅਵਾ ਕੀਤਾ ਕਿ ਮੌਜੂਦਾ ਸਰਕਾਰ ਨੇ ਭਰਤੀ ਪ੍ਰਕਿਰਿਆ ਨੂੰ ਪੂਰੀ ਤਰ੍ਹਾਂ ਪਾਰਦਰਸ਼ੀ ਬਣਾਇਆ ਹੈ ਅਤੇ ਹੁਣ ਤੱਕ ਦਿੱਤੀ ਗਈ ਇੱਕ ਵੀ ਨਿਯੁਕਤੀ ਨੂੰ ਕਿਸੇ ਅਦਾਲਤ ਵਿੱਚ ਚੁਣੌਤੀ ਨਹੀਂ ਦਿੱਤੀ ਗਈ।
ਮੁੱਖ ਮੰਤਰੀ ਮਾਨ ਨੇ ਕਿਹਾ ਕਿ ਬੇਰੁਜ਼ਗਾਰੀ ਕਈ ਸਮਾਜਿਕ ਸਮੱਸਿਆਵਾਂ ਦੀ ਜੜ੍ਹ ਹੈ ਅਤੇ ਸਰਕਾਰ ਨੌਜਵਾਨਾਂ ਦੇ ਭਵਿੱਖ ਨੂੰ ਸੁਰੱਖਿਅਤ ਬਣਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਆਉਣ ਵਾਲੇ ਸਮੇਂ ਵਿੱਚ ਵੀ ਨਿਯੁਕਤੀ ਪੱਤਰ ਵੰਡਣ ਦੀ ਪ੍ਰਕਿਰਿਆ ਜਾਰੀ ਰਹੇਗੀ ਅਤੇ ਸਾਰੀਆਂ ਖਾਲੀ ਅਸਾਮੀਆਂ ਸਮੇਂ ਸਿਰ ਭਰੀਆਂ ਜਾਣਗੀਆਂ।
ਸਮਾਗਮ ਦੌਰਾਨ ਮੁੱਖ ਮੰਤਰੀ ਨੇ ਸਰਕਾਰ ਦੀਆਂ ਹੋਰ ਉਪਲਬਧੀਆਂ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਸਿਹਤ ਯੋਜਨਾ ਤਹਿਤ ਹੁਣ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਨਕਦ ਰਹਿਤ ਇਲਾਜ ਮੁਹੱਈਆ ਕਰਵਾਇਆ ਜਾ ਰਿਹਾ ਹੈ, ਜੋ ਪਹਿਲਾਂ 5 ਲੱਖ ਰੁਪਏ ਸੀ। ਇਸਦੇ ਨਾਲ ਹੀ ਸੂਬੇ ਵਿੱਚ 19 ਟੋਲ ਪਲਾਜ਼ਾ ਬੰਦ ਕਰਕੇ ਕਰੋੜਾਂ ਰੁਪਏ ਦੀ ਬਚਤ ਕਰਵਾਈ ਗਈ ਹੈ।
ਉਨ੍ਹਾਂ ਦੱਸਿਆ ਕਿ ਸੂਬੇ ਵਿੱਚ 881 ਆਮ ਆਦਮੀ ਕਲੀਨਿਕ ਚਲ ਰਹੇ ਹਨ ਅਤੇ ਜੁਲਾਈ 2022 ਤੋਂ ਲਗਭਗ 90 ਫੀਸਦੀ ਘਰਾਂ ਨੂੰ ਮੁਫ਼ਤ ਬਿਜਲੀ ਦਿੱਤੀ ਜਾ ਰਹੀ ਹੈ। ਨਿਯੁਕਤੀ ਪੱਤਰ ਪ੍ਰਾਪਤ ਕਰਨ ਵਾਲੇ ਨੌਜਵਾਨਾਂ ਨੇ ਸਰਕਾਰ ਦੀ ਭਰਤੀ ਪ੍ਰਕਿਰਿਆ ਨੂੰ ਨਿਰਪੱਖ ਅਤੇ ਪਾਰਦਰਸ਼ੀ ਦੱਸਿਆ।
ਇਸ ਮੌਕੇ ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ, ਗੁਰਮੀਤ ਸਿੰਘ ਖੁੱਡੀਆਂ, ਹੋਰ ਮੰਤਰੀ, ਸੀਨੀਅਰ ਅਧਿਕਾਰੀ ਅਤੇ ਵੱਡੀ ਗਿਣਤੀ ਵਿੱਚ ਨੌਜਵਾਨ ਹਾਜ਼ਰ ਰਹੇ।