ਚੰਡੀਗੜ੍ਹ :ਕੇਂਦਰੀ ਬਜਟ 2026 ’ਤੇ ਪ੍ਰਤੀਕਿਰਿਆ ਦਿੰਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਡੂੰਘੀ ਨਿਰਾਸ਼ਾ ਅਤੇ ਚਿੰਤਾ ਪ੍ਰਗਟ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਬਜਟ ਵਿੱਚ ਪੰਜਾਬ ਅਤੇ ਸੂਬੇ ਦੇ ਕਿਸਾਨਾਂ ਦੀਆਂ ਅਹਿਮ ਲੋੜਾਂ ਨੂੰ ਪੂਰੀ ਤਰ੍ਹਾਂ ਅੱਖੋਂ ਪਰੋਖੇ ਕੀਤਾ ਗਿਆ ਹੈ।
ਚੰਡੀਗੜ੍ਹ ਵਿੱਚ ਮੀਡੀਆ ਨਾਲ ਗੱਲਬਾਤ ਕਰਦਿਆਂ ਮੰਤਰੀ ਖੁੱਡੀਆਂ ਨੇ ਕਿਹਾ ਕਿ ਬਜਟ ਦੀਆਂ ਤਜਵੀਜ਼ਾਂ ਦਾ ਅਸਲੀ ਪ੍ਰਭਾਵ ਵਿਸਥਾਰ ਨਾਲ ਸਾਹਮਣੇ ਆਉਣ ’ਤੇ ਹੀ ਸਪੱਸ਼ਟ ਹੋਵੇਗਾ, ਪਰ ਸ਼ੁਰੂਆਤੀ ਸੰਕੇਤ ਦੱਸਦੇ ਹਨ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਪੰਜਾਬ ਲਈ ਕੋਈ ਵੀ ਲਾਹੇਵੰਦਾ ਐਲਾਨ ਨਹੀਂ ਕੀਤਾ। ਉਨ੍ਹਾਂ ਦੋਸ਼ ਲਗਾਇਆ ਕਿ ਪੰਜਾਬ ਨਾਲ ਲਗਾਤਾਰ ਵਿਤਕਰਾ ਕੀਤਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਵੱਡੇ ਪੱਧਰ ’ਤੇ ਹੜ੍ਹਾਂ ਦੀ ਮਾਰ ਝੱਲਣ ਦੇ ਬਾਵਜੂਦ ਵੀ ਪੰਜਾਬ ਨੂੰ ਕੋਈ ਵਿਸ਼ੇਸ਼ ਕੇਂਦਰੀ ਰਾਹਤ ਪੈਕੇਜ ਨਹੀਂ ਦਿੱਤਾ ਗਿਆ, ਜੋ ਕਿ ਬਹੁਤ ਦੁਖਦਾਈ ਹੈ। ਖੇਤੀਬਾੜੀ ਸੰਕਟ ’ਤੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਡੀਜ਼ਲ, ਖਾਦ ਅਤੇ ਕੀਟਨਾਸ਼ਕਾਂ ਦੀਆਂ ਕੀਮਤਾਂ ਲਗਾਤਾਰ ਵੱਧ ਰਹੀਆਂ ਹਨ, ਪਰ ਬਜਟ ਵਿੱਚ ਕਿਸਾਨਾਂ ਲਈ ਕੋਈ ਠੋਸ ਰਾਹਤ ਨਹੀਂ ਦਿੱਤੀ ਗਈ।
ਖੇਤੀਬਾੜੀ ਮੰਤਰੀ ਨੇ ਐਮਐਸਪੀ ਦੇ ਅਧੂਰੇ ਵਾਅਦਿਆਂ ਅਤੇ ਫਸਲ ਬੀਮਾ ਯੋਜਨਾ ਦੇ ਬਜਟ ਵਿੱਚ ਕਟੌਤੀ ’ਤੇ ਵੀ ਗੰਭੀਰ ਚਿੰਤਾ ਜਤਾਈ। ਉਨ੍ਹਾਂ ਕਿਹਾ ਕਿ ਅਜਿਹੇ ਸਮੇਂ ਜਦੋਂ ਕਿਸਾਨ ਵਿੱਤੀ ਦਬਾਅ ਅਤੇ ਕੁਦਰਤੀ ਆਫ਼ਤਾਂ ਨਾਲ ਜੂਝ ਰਹੇ ਹਨ, ਕੇਂਦਰ ਸਰਕਾਰ ਵੱਲੋਂ ਸਹਾਇਤਾ ਘਟਾਉਣਾ ਨਿੰਦਨਯੋਗ ਹੈ।
ਉਨ੍ਹਾਂ ਪੰਜਾਬ ਸਰਕਾਰ ਦੇ ਕਦਮਾਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਪ੍ਰਤੀ ਏਕੜ 20 ਹਜ਼ਾਰ ਰੁਪਏ ਦਾ ਮੁਆਵਜ਼ਾ ਦੇ ਕੇ ਰਾਜ ਸਰਕਾਰ ਨੇ ਆਪਣੀ ਜ਼ਿੰਮੇਵਾਰੀ ਨਿਭਾਈ ਹੈ। ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਦੇਸ਼ ਦੀ ਖੁਰਾਕ ਸੁਰੱਖਿਆ ਅਤੇ ਰਾਸ਼ਟਰੀ ਸੁਰੱਖਿਆ ਦੋਵਾਂ ਵਿੱਚ ਕੇਂਦਰੀ ਭੂਮਿਕਾ ਨਿਭਾਉਂਦਾ ਹੈ, ਪਰ ਫਿਰ ਵੀ ਉਸਦੇ ਜਾਇਜ਼ ਹੱਕਾਂ ਨੂੰ ਨਜ਼ਰਅੰਦਾਜ਼ ਕੀਤਾ ਜਾਂਦਾ ਹੈ।
ਅੰਤ ਵਿੱਚ ਸ. ਖੁੱਡੀਆਂ ਨੇ ਮੰਗ ਕੀਤੀ ਕਿ ਕੇਂਦਰ ਸਰਕਾਰ ਨੂੰ ਖੇਤੀਬਾੜੀ ਸੰਕਟ ਅਤੇ ਪੇਂਡੂ ਆਰਥਿਕਤਾ ਨੂੰ ਸੰਭਾਲਣ ਲਈ ਇੱਕ ਵੱਡਾ ਅਤੇ ਲਾਹੇਵੰਦਾ ਪੈਕੇਜ ਲਿਆਉਣਾ ਚਾਹੀਦਾ ਸੀ, ਜੋ ਕਿ ਇਸ ਬਜਟ ਵਿੱਚ ਪੂਰੀ ਤਰ੍ਹਾਂ ਗੈਰਹਾਜ਼ਰ ਹੈ।