ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੋਸ਼ਲ ਮੀਡੀਆ ’ਤੇ ਆਰਟੀਫੀਸ਼ੀਅਲ ਇੰਟੈਲੀਜੈਂਸ (AI) ਦੀ ਵਰਤੋਂ ਕਰਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀਆਂ ਨਕਲੀ, ਤੋੜ-ਮਰੋੜ ਕੀਤੀਆਂ ਅਤੇ ਗੁਮਰਾਹਕੁੰਨ ਤਸਵੀਰਾਂ ਫੈਲਾਉਣ ਦੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਸਖ਼ਤ ਕਦਮ ਚੁੱਕੇ ਹਨ।
ਐਸਜੀਪੀਸੀ ਨੇ ਇਸ ਸਬੰਧੀ ਸਾਈਬਰ ਕ੍ਰਾਈਮ ਸੈੱਲ ਕੋਲ ਰਸਮੀ ਸ਼ਿਕਾਇਤ ਦਰਜ ਕਰਵਾਈ ਹੈ, ਜਿਸ ਵਿੱਚ ਦੋਸ਼ੀਆਂ ਦੀ ਜਲਦੀ ਪਛਾਣ ਕਰਕੇ ਉਨ੍ਹਾਂ ਵਿਰੁੱਧ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ ਗਈ ਹੈ। ਇਹ ਸ਼ਿਕਾਇਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ’ਤੇ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਵੱਲੋਂ ਦਰਜ ਕਰਵਾਈ ਗਈ।
ਸ਼ਿਕਾਇਤ ਵਿੱਚ ਕਿਹਾ ਗਿਆ ਹੈ ਕਿ ਸਿੱਖ ਧਰਮ ਦੇ ਸਰਵਉੱਚ ਅਤੇ ਕੇਂਦਰੀ ਧਾਰਮਿਕ ਸਥਾਨ ਦੀ ਤਸਵੀਰ ਨਾਲ ਛੇੜਛਾੜ ਕਰਨਾ ਅਤੇ ਉਸਨੂੰ ਗਲਤ ਸੰਦਰਭ ਵਿੱਚ ਪੇਸ਼ ਕਰਨਾ ਨਾ ਸਿਰਫ਼ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਂਦਾ ਹੈ, ਸਗੋਂ ਸਮਾਜ ਵਿੱਚ ਭੰਬਲਭੂਸਾ ਅਤੇ ਨਫ਼ਰਤ ਫੈਲਾਉਣ ਦੀ ਕੋਸ਼ਿਸ਼ ਵੀ ਹੈ।
ਐਸਜੀਪੀਸੀ ਸਕੱਤਰ ਪ੍ਰਤਾਪ ਸਿੰਘ ਨੇ ਕਿਹਾ ਕਿ ਅਜਿਹੀਆਂ ਘਟਨਾਵਾਂ ਪਹਿਲਾਂ ਵੀ ਵਾਪਰ ਚੁੱਕੀਆਂ ਹਨ ਅਤੇ ਸਾਈਬਰ ਕ੍ਰਾਈਮ ਸੈੱਲ ਨੂੰ ਕਈ ਵਾਰ ਸੂਚਿਤ ਕੀਤਾ ਗਿਆ, ਪਰ ਪ੍ਰਭਾਵਸ਼ਾਲੀ ਕਾਰਵਾਈ ਨਾ ਹੋਣ ਕਾਰਨ ਦੋਸ਼ੀਆਂ ਦੇ ਹੌਸਲੇ ਵਧੇ। ਉਨ੍ਹਾਂ ਦੋਸ਼ ਲਾਇਆ ਕਿ ਜਿੱਥੇ ਸਰਕਾਰਾਂ ਆਲੋਚਕਾਂ ਵਿਰੁੱਧ ਤੁਰੰਤ ਐਫਆਈਆਰ ਦਰਜ ਕਰ ਲੈਂਦੀਆਂ ਹਨ, ਉੱਥੇ ਧਾਰਮਿਕ ਭਾਵਨਾਵਾਂ ਨਾਲ ਖਿਲਵਾਡ ਕਰਨ ਵਾਲਿਆਂ ਖ਼ਿਲਾਫ਼ ਨਰਮੀ ਵਰਤੀ ਜਾਂਦੀ ਹੈ।
ਉਨ੍ਹਾਂ ਸਪੱਸ਼ਟ ਕੀਤਾ ਕਿ ਸ੍ਰੀ ਹਰਿਮੰਦਰ ਸਾਹਿਬ ਸਿਰਫ਼ ਸਿੱਖਾਂ ਦਾ ਹੀ ਨਹੀਂ, ਸਗੋਂ ਸਾਰੀ ਮਨੁੱਖਤਾ ਲਈ ਸਮਾਨਤਾ, ਸੇਵਾ ਅਤੇ ਭਾਈਚਾਰੇ ਦਾ ਪ੍ਰਤੀਕ ਹੈ। ਇਸ ਪਵਿੱਤਰ ਸਥਾਨ ਦੀਆਂ ਝੂਠੀਆਂ ਤਸਵੀਰਾਂ ਬਣਾਉਣਾ ਸਿੱਖ ਭਾਈਚਾਰੇ ਦੀ ਅਸਥਾ ’ਤੇ ਸਿੱਧਾ ਹਮਲਾ ਹੈ, ਜੋ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਐਸਜੀਪੀਸੀ ਨੇ ਮੰਗ ਕੀਤੀ ਹੈ ਕਿ ਏਆਈ ਦੀ ਮਦਦ ਨਾਲ ਬਣਾਈਆਂ ਗਈਆਂ ਇਨ੍ਹਾਂ ਨਕਲੀ ਤਸਵੀਰਾਂ ਨੂੰ ਅਪਲੋਡ ਕਰਨ ਵਾਲੇ ਅਕਾਊਂਟਸ ਦੀ ਟੈਕਨੀਕੀ ਜਾਂਚ ਕਰਕੇ ਦੋਸ਼ੀਆਂ ਦੀ ਪਛਾਣ ਕੀਤੀ ਜਾਵੇ ਅਤੇ ਉਨ੍ਹਾਂ ਵਿਰੁੱਧ ਮਿਸਾਲੀ ਕਾਰਵਾਈ ਕੀਤੀ ਜਾਵੇ, ਤਾਂ ਜੋ ਭਵਿੱਖ ਵਿੱਚ ਅਜਿਹੀ ਹਰਕਤ ਕਰਨ ਦੀ ਕੋਈ ਹਿੰਮਤ ਨਾ ਕਰੇ।